ਦਿੱਲੀ ਦੇ ਨਵੇਂ ਮੁੱਖ ਮੰਤਰੀ ਦਾ ਨਾਂ ਮੰਗਲਵਾਰ ਦੁਪਹਿਰ ‘ਆਪ’ ਵਿਧਾਇਕ ਦਲ ਦੀ ਬੈਠਕ ‘ਚ ਤੈਅ ਕੀਤਾ ਜਾਵੇਗਾ। ਇਸ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਪ ਰਾਜਪਾਲ ਵੀਕੇ ਸਕਸੈਨਾ ਨੂੰ ਮਿਲਣਗੇ ਅਤੇ ਆਪਣਾ ਅਸਤੀਫਾ ਸੌਂਪਣਗੇ। ਇਸ ਦੇ ਨਾਲ ਹੀ ਵਿਧਾਇਕ ਦਲ ਦੇ ਨੇਤਾ ਦੇ ਨਾਲ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਵੀ ਪੇਸ਼ ਕੀਤਾ ਜਾਵੇਗਾ। ਇਸ ਤੋਂ ਬਾਅਦ ਦਿੱਲੀ ਵਿੱਚ ਨਵੀਂ ਸਰਕਾਰ ਦੇ ਗਠਨ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਦੂਜੇ ਪਾਸੇ ਸੋਮਵਾਰ ਨੂੰ ਮੁੱਖ ਮੰਤਰੀ ਨੇ ਸਿਆਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਨਾਲ ਮੀਟਿੰਗ ਕੀਤੀ। ਇਸ ਵਿੱਚ ਹਰ ਇੱਕ ਮੈਂਬਰ ਤੋਂ ਦਿੱਲੀ ਦੇ ਮੌਜੂਦਾ ਸਿਆਸੀ ਹਾਲਾਤ ਵਿੱਚ ਨਵੇਂ ਮੁੱਖ ਮੰਤਰੀ ਬਾਰੇ ਉਨ੍ਹਾਂ ਦੀ ਰਾਏ ਪੁੱਛੀ ਗਈ।
ਸੋਮਵਾਰ ਨੂੰ ਕੀਤੀ ਗਈ ਸੀ ਪੀਏਸੀ ਦੀ ਮੀਟਿੰਗ,ਹਾਲਾਤਾਂ ਦਾ ਕੀਤਾ ਗਿਆ ਮੁਲਾਕਣ
ਅਸਤੀਫੇ ਦੇ ਐਲਾਨ ਤੋਂ ਬਾਅਦ ਦੂਜੇ ਦਿਨ ਸੋਮਵਾਰ ਨੂੰ ਮੁੱਖ ਮੰਤਰੀ ਅਤੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਪਣੇ ਨਿਵਾਸ ‘ਤੇ ਪੀਏਸੀ ਦੀ ਬੈਠਕ ਬੁਲਾਈ। ਕਰੀਬ ਇੱਕ ਘੰਟੇ ਤੱਕ ਚੱਲੀ ਮੀਟਿੰਗ ਵਿੱਚ ਸਾਰੇ ਪੀਏਸੀ ਮੈਂਬਰ ਅਤੇ ਮੌਜੂਦਾ ਕੈਬਨਿਟ ਮੰਤਰੀ ਮੌਜੂਦ ਸਨ। ਕੇਜਰੀਵਾਲ ਨੇ ਮੀਟਿੰਗ ਵਿੱਚ ਮੌਜੂਦ ਹਰੇਕ ਆਗੂ ਨਾਲ ਦਿੱਲੀ ਦੇ ਨਵੇਂ ਮੁੱਖ ਮੰਤਰੀ ਬਾਰੇ ਚਰਚਾ ਕੀਤੀ ਅਤੇ ਉਨ੍ਹਾਂ ਦੀ ਫੀਡਬੈਕ ਲਈ। ਇਸ ਦੌਰਾਨ ਕੇਜਰੀਵਾਲ ਨੇ ਦਿੱਲੀ ਦੇ ਮੌਜੂਦਾ ਸਿਆਸੀ ਮਾਹੌਲ, ਨਵੇਂ ਮੁੱਖ ਮੰਤਰੀ ਦੇ ਨਾਂ ਅਤੇ ‘ਆਪ’ ਦੀ ਭਵਿੱਖੀ ਰਾਜਨੀਤੀ ‘ਤੇ ਪੈਣ ਵਾਲੇ ਪ੍ਰਭਾਵ ਬਾਰੇ ਉਨ੍ਹਾਂ ਦੀ ਰਾਏ ਲਈ। ਇਸ ਵਿੱਚ ਦਿੱਲੀ ਸਮੇਤ ਦੇਸ਼ ਦੇ ਹੋਰ ਰਾਜਾਂ ਵਿੱਚ ਹੋਣ ਵਾਲੀਆਂ ਚੋਣਾਂ ਦੇ ਹਾਲਾਤ ਦਾ ਮੁਲਾਂਕਣ ਕੀਤਾ ਗਿਆ।
ਮੁੱਖ ਮੰਤਰੀ ਦੀ ਦੌੜ ਵਿੱਚ ਕਈ ਨਾਮ ਸ਼ਾਮਲ
ਸੂਤਰ ਅਨੁਸਾਰ ਮੁੱਖ ਮੰਤਰੀ ਦੇ ਅਹੁਦੇ ਦੀ ਦੌੜ ਵਿੱਚ ਕਈ ਨਾਂ ਸ਼ਾਮਲ ਹਨ। ਮੌਜੂਦਾ ਕੈਬਨਿਟ ਮੈਂਬਰਾਂ ਤੋਂ ਇਲਾਵਾ ਆਤਿਸ਼ੀ, ਸੌਰਭ ਭਾਰਦਵਾਜ, ਗੋਪਾਲ ਰਾਏ, ਕੈਲਾਸ਼ ਗਹਿਲੋਤ, ਪੂਰਬੀ ਦਿੱਲੀ ਤੋਂ ਲੋਕ ਸਭਾ ਉਮੀਦਵਾਰ ਕੁਲਦੀਪ ਕੁਮਾਰ, ਵਿਧਾਨ ਸਭਾ ਦੀ ਡਿਪਟੀ ਸਪੀਕਰ ਰਾਖੀ ਬਿਰਲਾਨ ਅਤੇ ਹੋਰ ਨਾਂ ਵੀ ਸ਼ਾਮਲ ਹਨ। ਮੁੱਖ ਮੰਤਰੀ ਨੇ ਆਪਣੀਆਂ ਖੂਬੀਆਂ ਅਤੇ ਕਮਜ਼ੋਰੀਆਂ ਬਾਰੇ ਗੱਲ ਕਰਨ ਦੇ ਨਾਲ-ਨਾਲ ਮੁੱਖ ਮੰਤਰੀ ਬਣਨ ‘ਤੇ ਰਾਸ਼ਟਰੀ ਪੱਧਰ ‘ਤੇ ਜਾਣ ਵਾਲੇ ਸਿਆਸੀ ਸੰਦੇਸ਼ ਬਾਰੇ ਵੀ ਗੱਲ ਕੀਤੀ। ਇਸ ਫੈਸਲੇ ਦਾ ਪਾਰਟੀ ਦੀ ਭਰੋਸੇਯੋਗਤਾ ’ਤੇ ਪੈਣ ਵਾਲੇ ਅਸਰ ’ਤੇ ਜ਼ੋਰ ਦਿੱਤਾ ਗਿਆ। ਇਸ ਦੇ ਨਾਲ ਹੀ ਹਰਿਆਣਾ ਅਤੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਦਿੱਲੀ ਨਾਲ ਗੱਲਬਾਤ ਹੋਈ।
ਮੁੱਖ ਮੰਤਰੀ ਦੇਣਗੇ ਅਸਤੀਫਾ, ਵਿਧਾਇਕ ਦਲ ਚੁਣੇਗਾ ਨੇਤਾ
ਦਿੱਲੀ ਸਰਕਾਰ ਦੇ ਮੰਤਰੀ ਸੌਰਭ ਭਾਰਦਵਾਜ ਨੇ ਕਿਹਾ ਕਿ ਸੀਐਮ ਕੇਜਰੀਵਾਲ ਮੰਗਲਵਾਰ ਸ਼ਾਮ 4:30 ਵਜੇ ਉਪ ਰਾਜਪਾਲ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਨੂੰ ਆਪਣਾ ਅਸਤੀਫਾ ਸੌਂਪਣਗੇ। ਇਸ ਦੇ ਨਾਲ ਹੀ ‘ਆਪ’ ਵਿਧਾਇਕ ਦਲ ਦੀ ਮੀਟਿੰਗ ਮੰਗਲਵਾਰ ਦੁਪਹਿਰ ਕਰੀਬ ਸਾਢੇ 11 ਵਜੇ ਹੋਵੇਗੀ। ਇਸ ਵਿੱਚ ਮੁੱਖ ਮੰਤਰੀ ਕੇਜਰੀਵਾਲ ਵਿਧਾਇਕਾਂ ਨਾਲ ਗੱਲਬਾਤ ਕਰਨਗੇ ਅਤੇ ਦਿੱਲੀ ਦੇ ਨਵੇਂ ਮੁੱਖ ਮੰਤਰੀ ਬਾਰੇ ਫੈਸਲਾ ਲਿਆ ਜਾਵੇਗਾ। ਇਸ ਤੋਂ ਬਾਅਦ ਨਵੀਂ ਸਰਕਾਰ ਦੇ ਗਠਨ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ।