ਪੰਜਾਬ ਦੇ ਮੋਹਾਲੀ ਦੇ ਡੇਰਾਬੱਸੀ ‘ਚ ਦਿਨ ਦਿਹਾੜੇ ਬਾਈਕ ਸਵਾਰ ਵਿਅਕਤੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮਾਂ ਨੇ ਵਿਅਕਤੀ ’ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ। ਮ੍ਰਿਤਕ ਦੀ ਪਛਾਣ ਕਰਮਬੀਰ ਸਿੰਘ (45) ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਹੈ। ਨਾਲ ਹੀ ਇਸ ਮਾਮਲੇ ਦੇ ਦੋਵੇਂ ਮੁਲਜ਼ਮਾਂ ਨੂੰ ਘਟਨਾ ਦੇ ਪੰਜ ਘੰਟਿਆਂ ਦੇ ਅੰਦਰ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਦੀ ਪਛਾਣ ਪਰਵਿੰਦਰ ਸਿੰਘ ਤੇ ਉਸ ਦੇ ਸਾਥੀ ਵਜੋਂ ਹੋਈ ਹੈ। ਪਰਿਵਾਰ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ। ਮ੍ਰਿਤਕ ਦੀਆਂ ਤਿੰਨ ਧੀਆਂ ਅਤੇ ਇੱਕ ਪੁੱਤਰ ਹੈ।
ਸੁਰੱਖਿਆ ਗਾਰਡ ਦਾ ਕੰਮ ਕਰਦਾ ਸੀ ਮ੍ਰਿਤਕ
ਸਵੇਰੇ ਕਰਮਬੀਰ ਇਕ ਔਰਤ ਰਿਸ਼ਤੇਦਾਰ ਨੂੰ ਬਾਈਕ ‘ਤੇ ਲੈ ਕੇ ਜਾ ਰਿਹਾ ਸੀ। ਇਸ ਦੌਰਾਨ ਰਸਤੇ ਵਿੱਚ ਦੋ ਵਿਅਕਤੀਆਂ ਨੇ ਉਸ ਨੂੰ ਘੇਰ ਲਿਆ। ਇਕ ਮੁਲਜ਼ਮ ਨੇ ਸਿੱਧੇ ਪਿੱਛੇ ਬੈਠੀ ਔਰਤ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਜਦੋਂ ਕਰਮਬੀਰ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਕਰਮਬੀਰ ਨੂੰ ਚਾਕੂ ਮਾਰ ਦਿੱਤਾ। ਚਾਕੂ ਉਸ ਦੇ ਦਿਲ ‘ਤੇ ਵੱਜਿਆ। ਜਿਸ ਕਾਰਨ ਉਹ ਜ਼ਖਮੀ ਹੋ ਕੇ ਡਿੱਗ ਗਿਆ। ਇਸ ਦੌਰਾਨ ਉੱਥੋਂ ਲੰਘ ਰਹੇ ਲੋਕਾਂ ਨੇ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਕਰਮਬੀਰ ਇੱਕ ਪ੍ਰਾਈਵੇਟ ਕੰਪਨੀ ਵਿੱਚ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ। ਪੁਲਿਸ ਮੁਤਾਬਕ ਔਰਤ ਦੇ ਮੁਲਜ਼ਮ ਨਾਲ ਸਬੰਧ ਸਨ। ਪਰ ਕੁਝ ਸਮੇਂ ਤੋਂ ਦੋਵਾਂ ਦੇ ਰਿਸ਼ਤੇ ਚੰਗੇ ਨਹੀਂ ਸਨ।
ਔਰਤ ਨੇ ਆਪਣੇ ਪਰਿਵਾਰ ਨੂੰ ਸੂਚਿਤ ਕੀਤਾ
ਜਦੋਂ ਮੁਲਜ਼ਮਾਂ ਨੇ ਕਰਮਬੀਰ ’ਤੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਇਸ ਤੋਂ ਬਾਅਦ ਔਰਤ ਨੇ ਵਿਅਕਤੀ ਦੇ ਪਰਿਵਾਰ ਵਾਲਿਆਂ ਨੂੰ ਵੀ ਫੋਨ ਕਰਕੇ ਇਸ ਦੀ ਜਾਣਕਾਰੀ ਦਿੱਤੀ। ਇਸ ਸਬੰਧੀ ਮੌਕੇ ’ਤੇ ਪੁੱਜੀ ਪੁਲਿਸ ਨੂੰ ਵੀ ਸੂਚਿਤ ਕੀਤਾ। ਇਸ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। ਮੁਲਜ਼ਮਾਂ ਨੇ ਵਾਰਦਾਤ ਨੂੰ ਅੰਜਾਮ ਦੇਣ ਦੀ ਗੱਲ ਕਬੂਲੀ ਹੈ।