ਅੰਮ੍ਰਿਤਸਰ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਫ਼ਿਰੋਜ਼ਪੁਰ ਤੋਂ ਫੜਿਆ ਗਿਆ ਮੁਲਜ਼ਮ, ਪੁੱਛਗਿੱਛ ਜਾਰੀ

Punjab News: ਪੰਜਾਬ ਦੇ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸ਼ਨੀਵਾਰ ਨੂੰ ਬੰਬ ਦੀ ਧਮਕੀ ਮਿਲੀ ਸੀ। ਪੁਲਿਸ ਨੇ 24 ਘੰਟਿਆਂ ਵਿੱਚ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ। ਅੰਮ੍ਰਿਤਸਰ ਪੁਲਿਸ ਦੀ ਟੀਮ ਨੇ ਫ਼ਿਰੋਜ਼ਪੁਰ ਤੋਂ ਗੁਰਦੇਵ ਸਿੰਘ ਨਾਂਅ ਦੇ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ, ਜਦਕਿ ਉਸਦੇ ਨਾਮਜ਼ਦ ਕੀਤੇ ਦੋ ਹੋਰ ਦੋਸ਼ੀਆਂ ਦੀ ਭਾਲ ਜਾਰੀ ਹੈ | ਪੁਲਿਸ ਦੇ ਵੱਲੋਂ ਦਿੱਤੀ ਗਈ ਜਾਣਕਾਰੀ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਧਮਕੀ ਈਮੇਲ ਰਾਹੀਂ ਅੰਮ੍ਰਿਤਸਰ ਏਅਰਪੋਰਟ ਨੂੰ ਦਿੱਤੀ ਗਈ ਸੀ।

ਈਮੇਲ ਰਾਹੀਂ ਦਿੱਤੀ ਸੀ ਧਮਕੀ

ਈਮੇਲ ਅੰਮ੍ਰਿਤਸਰ ਏਅਰਪੋਰਟ ਅਥਾਰਟੀ ਨੂੰ ਭੇਜੀ ਗਈ ਸੀ। ਈਮੇਲ ਵਿੱਚ ਮੁਲਜ਼ਮਾਂ ਨੇ ਹਵਾਈ ਅੱਡੇ ਵਿੱਚ ਵੱਖ-ਵੱਖ ਥਾਵਾਂ ’ਤੇ ਕੁੱਲ 6 ਬੰਬ ਰੱਖਣ ਦਾ ਦਾਅਵਾ ਕੀਤਾ ਸੀ। ਮੁਲਜ਼ਮਾਂ ਨੇ ਕਿਹਾ ਕਿ ਉਨ੍ਹਾਂ ਨੂੰ 1 ਕਰੋੜ ਰੁਪਏ ਦਿੱਤੇ ਜਾਣ, ਨਹੀਂ ਤਾਂ ਉਹ ਏਅਰਪੋਰਟ ਨੂੰ ਬੰਬ ਨਾਲ ਉਡਾ ਦੇਣਗੇ। ਈਮੇਲ ਵਿੱਚ ਦਿੱਤੀ ਗਈ ਜਾਣਕਾਰੀ ਅੰਮ੍ਰਿਤਸਰ ਪੁਲਿਸ ਨਾਲ ਸਾਂਝੀ ਕੀਤੀ ਗਈ। ਜਿਸ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਦਾ ਸਾਈਬਰ ਵਿਭਾਗ ਸਰਗਰਮ ਹੋ ਗਿਆ।

IP ਐਡਰੈੱਸ ਰਾਹੀਂ ਫੜੇ ਗਏ ਮੁਲਜ਼ਮ

ਅੰਮ੍ਰਿਤਸਰ ਪੁਲਿਸ ਦੀ ਸਾਈਬਰ ਕ੍ਰਾਈਮ ਟੀਮ ਨੇ ਈਮੇਲ ਭੇਜਣ ਵਾਲੇ ਵਿਅਕਤੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਆਈਪੀ ਐਡਰੈੱਸ ਤੋਂ ਮੁਲਜ਼ਮ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਮੁਲਜ਼ਮ ਦੀ ਪਛਾਣ ਗੁਰਦੇਵ ਸਿੰਘ ਵਾਸੀ ਫ਼ਿਰੋਜ਼ਪੁਰ ਵਜੋਂ ਹੋਈ ਹੈ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਪੁਲਿਸ ਨੂੰ ਦੋ ਹੋਰ ਮੁਲਜ਼ਮਾਂ ਬਾਰੇ ਦੱਸਿਆ। ਪੁਲਿਸ ਉਨ੍ਹਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਗੁਰਦੇਵ ਨੂੰ ਹਿਰਾਸਤ ਵਿੱਚ ਲੈ ਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਅਦਾਲਤ ਨੇ ਮੁਲਜ਼ਮ ਗੁਰਦੇਵ ਨੂੰ ਤਿੰਨ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ।

Exit mobile version