Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਹਿਮਾਚਲ ਪ੍ਰਦੇਸ਼ ਦੀ ਮੰਡੀ ਸੰਸਦੀ ਸੀਟ ਤੋਂ ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ ਐਮਰਜੈਂਸੀ ਦੀ ਰਿਲੀਜ਼ ‘ਤੇ ਰੋਕ ਲਗਾਉਣ ਦੀ ਮੰਗ ਉਠਾਈ ਹੈ। ਇੰਨਾ ਹੀ ਨਹੀਂ ਫਿਲਮ ‘ਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਿਰਦਾਰ ਨਿਭਾਉਣ ਵਾਲੀ ਕੰਗਨਾ ਰਣੌਤ ਖਿਲਾਫ ਵੀ ਐੱਫਆਈਆਰ ਦਰਜ ਕਰਨ ਲਈ ਕਿਹਾ ਗਿਆ ਹੈ। ਇਹ ਫਿਲਮ 6 ਸਤੰਬਰ ਨੂੰ ਰਿਲੀਜ਼ ਹੋਣੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਸ਼ ਲਾਇਆ ਹੈ ਕਿ ਸਿੱਖਾਂ ਦੇ ਕਿਰਦਾਰ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਵਾਲੀ ਫਿਲਮ ‘ਐਮਰਜੈਂਸੀ’ ’ਤੇ ਤੁਰੰਤ ਪਾਬੰਦੀ ਲਗਾਈ ਜਾਵੇ। ਐਡਵੋਕੇਟ ਧਾਮੀ ਨੇ ਕਿਹਾ ਕਿ 1984 ਦੇ ਮਹਾਨ ਸ਼ਹੀਦਾਂ ਬਾਰੇ ਸਿੱਖ ਵਿਰੋਧੀ ਕਹਾਣੀ ਰਚ ਕੇ ਦੇਸ਼ ਦਾ ਅਪਮਾਨ ਕਰਨ ਦੀ ਇਹ ਘਿਨਾਉਣੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ 1984 ਦੇ ਸਿੱਖ ਵਿਰੋਧੀ ਜ਼ੁਲਮ ਨੂੰ ਦੇਸ਼ ਕਦੇ ਵੀ ਨਹੀਂ ਭੁੱਲ ਸਕਦਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਨੂੰ ਕੌਮੀ ਸ਼ਹੀਦ ਐਲਾਨਿਆ ਗਿਆ ਹੈ, ਜਦਕਿ ਕੰਗਨਾ ਰਣੌਤ ਦੀ ਫਿਲਮ ਉਨ੍ਹਾਂ ਦੇ ਕਿਰਦਾਰ ਨੂੰ ਮਾਰਨ ਦੀ ਕੋਸ਼ਿਸ਼ ਕਰ ਰਹੀ ਹੈ।
ਕੰਗਨਾ ‘ਤੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਦਾ ਦੋਸ਼
ਐਡਵੋਕੇਟ ਧਾਮੀ ਨੇ ਕਿਹਾ ਕਿ ਕੰਗਨਾ ਰਣੌਤ ਨੇ ਅਕਸਰ ਜਾਣਬੁੱਝ ਕੇ ਅਜਿਹੀਆਂ ਗੱਲਾਂ ਕਹੀਆਂ ਹਨ ਜੋ ਸਿੱਖਾਂ ਦੀਆਂ ਭਾਵਨਾਵਾਂ ਨੂੰ ਭੜਕਾਉਂਦੀਆਂ ਹਨ। ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਸਰਕਾਰ ਉਨ੍ਹਾਂ ਨੂੰ ਬਚਾ ਰਹੀ ਹੈ। ਸਰਕਾਰ ਨੂੰ ਫਿਲਮ ਐਮਰਜੈਂਸੀ ਰਾਹੀਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਲਈ ਕੰਗਨਾ ਰਣੌਤ ਖਿਲਾਫ ਕੇਸ ਦਰਜ ਕਰਨਾ ਚਾਹੀਦਾ ਹੈ। ਧਾਮੀ ਨੇ ਸਖ਼ਤ ਇਤਰਾਜ਼ ਜ਼ਾਹਰ ਕਰਦਿਆਂ ਕਿਹਾ ਕਿ ਫਿਲਮ ਐਮਰਜੈਂਸੀ ਦੇ ਰਿਲੀਜ਼ ਹੋਏ ਟ੍ਰੇਲਰ ਤੋਂ ਸਪੱਸ਼ਟ ਹੁੰਦਾ ਹੈ ਕਿ ਇਸ ਵਿੱਚ ਸਿੱਖਾਂ ਦੇ ਕਿਰਦਾਰ ਨੂੰ ਜਾਣਬੁੱਝ ਕੇ ਦਹਿਸ਼ਤਗਰਦਾਂ ਵਜੋਂ ਪੇਸ਼ ਕੀਤਾ ਗਿਆ ਹੈ ਜੋ ਕਿ ਇੱਕ ਡੂੰਘੀ ਸਾਜ਼ਿਸ਼ ਦਾ ਹਿੱਸਾ ਹੈ।
ਸਿੱਖ ਮੈਂਬਰਾਂ ਨੂੰ ਸੈਂਸਰ ਬੋਰਡ ਵਿੱਚ ਸ਼ਾਮਲ ਕਰਨ ਦੀ ਮੰਗ
ਐਡਵੋਕੇਟ ਧਾਮੀ ਨੇ ਕੇਂਦਰੀ ਫਿਲਮ ਸੈਂਸਰ ਬੋਰਡ ਵਿੱਚ ਸਿੱਖ ਮੈਂਬਰਾਂ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ ਹੈ। ਸਿੱਖ ਮੈਂਬਰ ਦੀ ਗੈਰ-ਹਾਜ਼ਰੀ ਕਾਰਨ ਹੀ ਇਕਤਰਫਾ ਫੈਸਲੇ ਲਏ ਜਾ ਰਹੇ ਹਨ। ਸ਼੍ਰੋਮਣੀ ਕਮੇਟੀ ਨੇ ਕਈ ਵਾਰ ਆਪਣੀਆਂ ਜਨਰਲ ਮੀਟਿੰਗਾਂ ਵਿੱਚ ਮਤੇ ਪਾਸ ਕਰਕੇ ਕੇਂਦਰੀ ਫਿਲਮ ਸੈਂਸਰ ਬੋਰਡ ਵਿੱਚ ਸਿੱਖਾਂ ਦੇ ਨੁਮਾਇੰਦੇ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ ਹੈ ਪਰ ਅਫਸੋਸ ਦੀ ਗੱਲ ਹੈ ਕਿ ਸਰਕਾਰ ਇਸ ਨੂੰ ਲਾਗੂ ਨਹੀਂ ਕਰ ਰਹੀ।