ਪੰਜਾਬ ਪੁਲਿਸ ਤੋਂ ਨਾਰਾਜ਼ ਹਾਈਕੋਰਟ, ਕਿਹਾ- ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਲੈਣ ਵਾਲਿਆਂ ਖਿਲਾਫ ਕਾਰਵਾਈ ‘ਚ ਦੇਰੀ ਕਿਉ?

Punjab News: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੁਲਿਸ ਹਿਰਾਸਤ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀਆਂ ਦੋ ਟੀਵੀ ਇੰਟਰਵਿਊਆਂ ਦੇ ਮਾਮਲੇ ਵਿੱਚ ਹੁਣ ਤੱਕ ਕਿਸੇ ਪੁਲਿਸ ਮੁਲਾਜ਼ਮ ਜਾਂ ਅਧਿਕਾਰੀ ਖਿਲਾਫ ਕੋਈ ਕਾਰਵਾਈ ਨਾ ਕੀਤੇ ਜਾਣ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਅਦਾਲਤ ਨੇ ਪੁਲਿਸ ਅਤੇ ਸਰਕਾਰ ਦੀ ਖਿਚਾਈ ਕੀਤੀ ਹੈ ਕਿਉਂਕਿ 8 ਮਹੀਨੇ ਬਾਅਦ ਵੀ ਜਾਂਚ ਅਧੂਰੀ ਹੈ। ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ ਨੇ ਉਸ ਨੂੰ ਪੁੱਛਿਆ ਕਿ ਹੁਣ ਤੱਕ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕੀ ਕਾਰਵਾਈ ਕੀਤੀ ਗਈ ਹੈ। ਮੁੱਖ ਸਕੱਤਰ ਨੇ ਦੱਸਿਆ ਕਿ ਪੰਜਾਬ ਮਨੁੱਖੀ ਅਧਿਕਾਰ ਵਿੰਗ ਦੇ ਮੁਖੀ ਪ੍ਰਬੋਧ ਕੁਮਾਰ ਦੀ ਅਗਵਾਈ ਵਿੱਚ ਐਸਆਈਟੀ ਦਾ ਗਠਨ ਕੀਤਾ ਗਿਆ ਸੀ ਪਰ ਹਾਲੇ ਤੱਕ ਜਾਂਚ ਮੁਕੰਮਲ ਨਹੀਂ ਹੋਈ। ਰਿਪੋਰਟ ਆਉਣ ਤੋਂ ਬਾਅਦ ਦੋਸ਼ੀ ਪੁਲਸ ਮੁਲਾਜ਼ਮਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਕੋਰਟ ਦੀ ਸਖਤ ਟਿੱਪਣੀ

ਅਦਾਲਤ ਨੇ ਕਿਹਾ ਕਿ ਚਿੰਤਾ ਦੀ ਗੱਲ ਹੈ ਕਿ 8 ਮਹੀਨੇ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਜਾਂਚ ਦੀ ਸਟੇਟਸ ਰਿਪੋਰਟ ਵਿੱਚ ਸਪੱਸ਼ਟ ਹੋ ਗਿਆ ਹੈ ਕਿ ਪਹਿਲੀ ਇੰਟਰਵਿਊ ਖਰੜ ਸੀਆਈਏ ਬਰਾਂਚ ਵਿੱਚ ਹਿਰਾਸਤ ਦੌਰਾਨ ਹੋਈ ਸੀ। ਉਥੇ ਮੌਜੂਦ ਪੁਲਿਸ ਵਾਲਿਆਂ ਖਿਲਾਫ ਹੁਣ ਤੱਕ ਕਾਰਵਾਈ ਹੋਣੀ ਚਾਹੀਦੀ ਸੀ।

ਜਾਂਚ ਦੀ ਸਥਿਤੀ

ਪਟੀਸ਼ਨਕਰਤਾ ਦੇ ਵਕੀਲ ਗੌਰਵ ਨੇ ਅਦਾਲਤ ਨੂੰ ਦੱਸਿਆ ਕਿ ਐਸਆਈਟੀ ਨੂੰ 10 ਅਕਤੂਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ। ਇਸ ਤੋਂ ਬਾਅਦ ਜਾਂਚ ਰਿਪੋਰਟ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ। ਗੌਰਵ ਨੇ ਇਹ ਵੀ ਦੱਸਿਆ ਕਿ ਲਾਰੇਂਸ ਬਿਸ਼ਨੋਈ ਦੀ ਤਰਫੋਂ ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਵਿੱਚ ਹਾਈ ਕੋਰਟ ਦੀ ਐਸਆਈਟੀ ਨੂੰ ਭੰਗ ਕਰਨ ਦੀ ਮੰਗ ਕੀਤੀ ਗਈ ਸੀ। ਸੁਪਰੀਮ ਕੋਰਟ ਨੇ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇਸੇ ਤਰ੍ਹਾਂ ਇੰਟਰਵਿਊ ਕਰਨ ਵਾਲੇ ਪੱਤਰਕਾਰ ਵੱਲੋਂ ਹਾਈਕੋਰਟ ਦੀ ਕਾਰਵਾਈ ‘ਤੇ ਰੋਕ ਲਗਾਉਣ ਲਈ ਦਾਇਰ ਪਟੀਸ਼ਨ ਨੂੰ ਵੀ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਸੀ। ਹਾਲਾਂਕਿ ਇਸ ਮਾਮਲੇ ‘ਚ ਪੱਤਰਕਾਰ ਨੂੰ ਰਾਹਤ ਦਿੱਤੀ ਗਈ ਹੈ ਕਿ ਉਸ ਨੂੰ ਇਸ ‘ਚ ਸ਼ਾਮਲ ਨਹੀਂ ਕੀਤਾ ਜਾਵੇਗਾ।

Exit mobile version