ਪੰਜਾਬ ‘ਚ 20 ਅਕਤੂਬਰ ਤੋਂ ਪਹਿਲਾਂ ਹੋਣਗੀਆਂ ਪੰਚਾਇਤੀ ਚੋਣਾਂ,ਪੰਜਾਬ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

Punjab News: ਪੰਜਾਬ ਸਰਕਾਰ ਨੇ ਸੂਬੇ ਵਿੱਚ ਪੰਚਾਇਤੀ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ ਹੈ। ਸਰਕਾਰ ਵੱਲੋਂ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਚੋਣਾਂ 20 ਅਕਤੂਬਰ ਤੋਂ ਪਹਿਲਾਂ ਕਰਵਾਈਆਂ ਜਾਣਗੀਆਂ। ਪੰਚਾਇਤ ਵਿਭਾਗ ਇਹ ਨੋਟੀਫਿਕੇਸ਼ਨ ਰਾਜ ਚੋਣ ਕਮਿਸ਼ਨ ਨੂੰ ਭੇਜੇਗਾ। ਚੋਣ ਕਮਿਸ਼ਨ ਉਸ ਅਨੁਸਾਰ ਪੰਚਾਇਤੀ ਚੋਣਾਂ ਦਾ ਸ਼ਡਿਊਲ ਜਾਰੀ ਕਰੇਗਾ। ਮੰਨਿਆ ਜਾ ਰਿਹਾ ਹੈ ਕਿ 23 ਸਤੰਬਰ ਤੋਂ ਬਾਅਦ ਚੋਣ ਜ਼ਾਬਤਾ ਲਾਗੂ ਹੋ ਸਕਦਾ ਹੈ। ਹਾਲਾਂਕਿ ਇਸ ਤੋਂ ਬਾਅਦ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਹੋਣਗੀਆਂ।

ਫਾਈਲ ਨੂੰ ਮੁੱਖ ਮੰਤਰੀ ਨੇ ਪ੍ਰਵਾਨਗੀ ਦੇ ਦਿੱਤੀ

ਸਰਕਾਰੀ ਸੂਤਰਾਂ ਦੀ ਮੰਨੀਏ ਤਾਂ 13 ਅਕਤੂਬਰ ਨੂੰ ਚੋਣਾਂ ਹੋ ਸਕਦੀਆਂ ਹਨ। ਹਾਲ ਹੀ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪੰਚਾਇਤੀ ਚੋਣਾਂ ਦੀ ਫਾਈਲ ਮੁੱਖ ਮੰਤਰੀ ਨੂੰ ਭੇਜੀ ਗਈ ਸੀ। ਜਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਹਰੀ ਝੰਡੀ ਦੇ ਦਿੱਤੀ ਹੈ। ਰਾਜ ਸਰਕਾਰ ਦੇ ਕਾਨੂੰਨੀ ਅਤੇ ਵਿਧਾਨਕ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ 16 ਸਤੰਬਰ ਨੂੰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਦੇ ਨਾਲ ਹੀ ਹੁਣ ਪੇਂਡੂ ਵਿਕਾਸ ਵਿਭਾਗ ਵੱਲੋਂ ਪ੍ਰਕਿਰਿਆ ਸ਼ੁਰੂ ਕਰਨ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਚੋਣਾਂ 20 ਅਕਤੂਬਰ ਤੋਂ ਪਹਿਲਾਂ ਕਰਵਾਈਆਂ ਜਾਣਗੀਆਂ।

ਸਰਪੰਚਾਂ ਦੀਆਂ ਅਸਾਮੀਆਂ ਰਾਖਵੀਆਂ ਕਰਨ ਲਈ ਰੋਸਟਰ ਕੀਤਾ ਜਾ ਰਿਹਾ ਤਿਆਰ

ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਨਿਯਮਾਂ ਅਨੁਸਾਰ ਸਰਪੰਚਾਂ ਦੀਆਂ ਅਸਾਮੀਆਂ ਰਾਖਵੀਆਂ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਵੱਲੋਂ ਆਪਣੇ ਖੇਤਰ ਅਧੀਨ ਆਉਂਦੀਆਂ ਪੰਚਾਇਤਾਂ ਵਿੱਚ ਅਨੁਸੂਚਿਤ ਜਾਤੀਆਂ ਦੀ ਆਬਾਦੀ ਦੇ ਅੰਕੜਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਬਲਾਕ ਨੂੰ ਇਕਾਈ ਮੰਨ ਕੇ ਸਰਪੰਚਾਂ ਦੀਆਂ ਅਸਾਮੀਆਂ ਰਾਖਵੀਆਂ ਕਰਨ ਲਈ ਰੋਸਟਰ ਤਿਆਰ ਕੀਤਾ ਜਾ ਰਿਹਾ ਹੈ।

ਪਾਰਟੀ ਦੇ ਚੋਣ ਨਿਸ਼ਾਨ ਤੇ ਨਹੀਂ ਹੋਣਗੀਆਂ ਚੋਣਾਂ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਇੱਕ ਦਿਨ ਪਹਿਲਾਂ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਵਿੱਚ ਪਾਸ ਕੀਤੇ ਪੰਜਾਬ ਪੰਚਾਇਤੀ ਰਾਜ ਬਿੱਲ 2024 ਨੂੰ ਮਨਜ਼ੂਰੀ ਦੇ ਦਿੱਤੀ ਸੀ। ਇਸ ਨਾਲ ਪੰਚਾਇਤੀ ਚੋਣਾਂ ਵਿੱਚ ਰਾਖਵੇਂਕਰਨ ਦੀ ਪੁਰਾਣੀ ਪ੍ਰਥਾ ਬਹਾਲ ਹੋ ਗਈ ਹੈ। ਹੁਣ ਪੰਚ-ਸਰਪੰਚ ਚੋਣਾਂ ਪਾਰਟੀ ਲੀਹਾਂ ‘ਤੇ ਨਹੀਂ ਹੋਣਗੀਆਂ। ਹਾਲਾਂਕਿ, ਮੁੱਖ ਮੰਤਰੀ ਨੇ ਕਿਹਾ ਕਿ 2018 ਵਿੱਚ ਵੀ ਕਿਸੇ ਵਿਅਕਤੀ ਨੇ ਪਾਰਟੀ ਦੇ ਚੋਣ ਨਿਸ਼ਾਨ ‘ਤੇ ਪੰਚਾਇਤੀ ਚੋਣਾਂ ਨਹੀਂ ਲੜੀਆਂ ਸਨ।

Exit mobile version