ਪੰਜਾਬ ਨਿਊਜ਼। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਅੱਜ ਹਰਿਆਣਾ-ਪੰਜਾਬ ਦੀ ਸਰਹੱਦ ਖਨੌਰੀ ਵਿਖੇ ਭੁੱਖ ਹੜਤਾਲ ਸ਼ੁਰੂ ਕੀਤੀ ਜਾਣੀ ਸੀ ਪਰ ਉਨ੍ਹਾਂ ਦੇ ਇਹ ਮਰਨ ਵਰਤ ਸ਼ੁਰੂ ਕਰਨ ਤੋਂ ਪਹਿਲਾਂ ਹੀ ਪੁਲਿਸ ਨੇ ਉਨ੍ਹਾਂ ਨੂੰ ਰਾਤ ਨੂੰ ਹੀ ਹਿਰਾਸਤ ਵਿੱਚ ਲੈ ਲਿਆ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੱਤੀ ਹੈ ਕਿ ਡੱਲੇਵਾਲ ਨੂੰ ਸੋਮਵਾਰ ਰਾਤ ਕਰੀਬ 2 ਵਜੇ ਖਨੌਰੀ ਸਰਹੱਦ ਤੋਂ ਡਿਟੇਨ ਕਰ ਲਿਆ। ਉਨ੍ਹਾਂ ਨੂੰ ਕਿੱਥੇ ਲਿਜਾਇਆ ਗਿਆ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਡੱਲੇਵਾਲ ਨੂੰ ਚੁੱਕਣ ਵਾਲੇ ਪੁਲਿਸ ਵਾਲੇ ਕਈ ਹਿੰਦੀ ਬੋਲ ਰਹੇ ਸਨ। ਦੱਸ ਦਈਏ ਕਿ ਕਿਸਾਨ ਆਗੂ ਡੱਲੇਵਾਲ ਵੱਲੋਂ ਖਨੌਰੀ ਬਾਰਡਰ ਤੇ ਭੁੱਖ ਹੜਤਾਲ ਕਰਨ ਦਾ ਐਲਾਨ 4 ਨਵੰਬਰ ਨੂੰ ਕੀਤਾ ਗਿਆ ਸੀ।
6 ਦਸੰਬਰ ਨੂੰ ਕਿਸਾਨਾਂ ਦਾ ਦਿੱਲੀ ਮਾਰਚ
ਡੱਲੇਵਾਲ ਨੇ 4 ਨਵੰਬਰ ਨੂੰ ਐਲਾਨ ਕੀਤਾ ਸੀ ਕਿ ਉਹ ਸੰਸਦ ਦਾ ਸੈਸ਼ਨ ਸ਼ੁਰੂ ਹੁੰਦੇ ਹੀ ਭੁੱਖ ਹੜਤਾਲ ਕਰਨਗੇ। ਇਸ ਤੋਂ ਬਾਅਦ ਕਿਸਾਨ 6 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨਗੇ। ਇਕ ਦਿਨ ਪਹਿਲਾਂ ਸੋਮਵਾਰ ਨੂੰ ਜਗਜੀਤ ਸਿੰਘ ਡੱਲੇਵਾਲ ਨੇ ਫਰੀਦਕੋਟ ‘ਚ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਸੀ ਕਿ ਉਹ ਸਿਰ ‘ਤੇ ਕਫਨ ਬੰਨ੍ਹ ਕੇ ਮਰਨ ਵਰਤ ‘ਤੇ ਬੈਠਣ ਜਾ ਰਹੇ ਹਨ। ਕੇਂਦਰ ਸਰਕਾਰ ਨੂੰ ਉਸ ਦੀਆਂ ਮੰਗਾਂ ਪੂਰੀਆਂ ਕਰਨੀਆਂ ਪੈਣਗੀਆਂ ਨਹੀਂ ਤਾਂ ਉਹ ਆਪਣੀ ਜਾਨ ਕੁਰਬਾਨ ਕਰ ਦੇਣਗੇ। ਉਨ੍ਹਾਂ ਦੀ ਮੌਤ ਨਾਲ ਵੀ ਇਹ ਅੰਦੋਲਨ ਨਹੀਂ ਰੁਕੇਗਾ। ਮਰਨ ਉਪਰੰਤ ਹੋਰ ਆਗੂ ਮਰਨ ਵਰਤ ਸ਼ੁਰੂ ਕਰਨਗੇ।
ਇਸ ਲਈ ਮੈਂ ਆਪਣੀ ਜ਼ਮੀਨ ਆਪਣੇ ਪੁੱਤਰ, ਨੂੰਹ ਅਤੇ ਪੋਤਰੇ ਦੇ ਨਾਂ ਕਰਵਾ ਦਿੱਤੀ ਹੈ, ਤਾਂ ਜੋ ਕੋਈ ਝਗੜਾ ਨਾ ਹੋਵੇ। ਕਿਸਾਨ ਜਥੇਬੰਦੀਆਂ ਜਾਗਰੂਕਤਾ ਮੁਹਿੰਮ ਤਹਿਤ ਘਰ-ਘਰ ਜਾ ਕੇ ਲੋਕਾਂ ਨੂੰ ਆਪਣੀਆਂ ਮੰਗਾਂ ਤੋਂ ਜਾਣੂ ਕਰਵਾ ਕੇ ਸਮਰਥਨ ਇਕੱਠਾ ਕਰ ਰਹੀਆਂ ਹਨ। ਹਜ਼ਾਰਾਂ ਕਿਸਾਨ ਖਨੌਰੀ ਸਰਹੱਦ ‘ਤੇ ਪੁੱਜਣ ਦਾ ਅਨੁਮਾਨ ਹੈ।
ਐੱਮਐੱਸਪੀ ਸਮੇਤ 12 ਮੰਗਾਂ ਨੂੰ ਲੈ ਕੇ ਮਰਨ ਵਰਤ
ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਕਿਹਾ ਕਿ ਡੱਲੇਵਾਲ ਐਮਐਸਪੀ ਸਮੇਤ 12 ਮੰਗਾਂ ਨੂੰ ਲੈ ਕੇ ਮਰਨ ਵਰਤ ’ਤੇ ਹਨ। 13 ਫਰਵਰੀ ਤੋਂ ਕਿਸਾਨ ਅੰਦੋਲਨ-2 ਚੱਲ ਰਿਹਾ ਹੈ। ਕਈ ਕਿਸਾਨ ਸ਼ਹੀਦ ਹੋ ਗਏ। 450 ਤੋਂ ਵੱਧ ਕਿਸਾਨ ਜ਼ਖਮੀ ਹੋ ਚੁੱਕੇ ਹਨ ਪਰ ਇਸ ਦੇ ਬਾਵਜੂਦ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਨਹੀਂ ਸੁਣ ਰਹੀ।