10 ਹਜ਼ਾਰ ਤੋਂ ਵੱਧ ਨਵੇਂ ਚੁਣੇ ਗਏ ਸਰਪੰਚਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਅੱਜ ਚੁਕਾਉਣਗੇ ਸਹੁੰ, ਕੇਜਰੀਵਾਲ ਵੀ ਹੋਣਗੇ ਹਾਜ਼ਰ

ਪੰਜਾਬ ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਇਹ ਪੰਚਾਇਤੀ ਚੋਣਾਂ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨ ਤੋਂ ਬਿਨਾਂ ਕਰਵਾਈਆਂ ਗਈਆਂ ਸਨ ਤਾਂ ਕਿ ਪਿੰਡਾਂ ਨੂੰ ਸਿਆਸੀ ਧੜੇਬੰਦੀ ਦੇ ਪ੍ਰਭਾਵ ਤੋਂ ਦੂਰ ਰੱਖਿਆ ਜਾ ਸਕੇ ਅਤੇ ਆਪਸੀ ਭਾਈਚਾਰਾ ਮਜ਼ਬੂਤ ਕੀਤਾ ਜਾ ਸਕੇ।

ਪੰਜਾਬ ਨਿਊਜ਼। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 8 ਨਵੰਬਰ ਨੂੰ 19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੂੰ ਸਹੁੰ ਚੁਕਾਉਣਗੇ। ਇਸ ਦੇ ਲਈ ਲੁਧਿਆਣਾ ਦੇ ਧਨਾਨਸੂ ਵਿਖੇ ਰਾਜ ਪੱਧਰੀ ਸਹੁੰ ਚੁੱਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਣਗੇ। ਇਸ ਸਮਾਗਮ ਰਾਹੀਂ ‘ਆਪ’ ਸੂਬੇ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਉਪ ਚੋਣਾਂ ਤੋਂ ਪਹਿਲਾਂ ਵੀ ਤਾਕਤ ਦਿਖਾਏਗੀ। ਇਸ ਦੇ ਲਈ 50 ਹਜ਼ਾਰ ਲੋਕਾਂ ਦੀ ਭੀੜ ਇਕੱਠੀ ਕਰਨ ਦਾ ਟੀਚਾ ਰੱਖਿਆ ਗਿਆ ਹੈ। ਪਹਿਲਾਂ ਪੰਜਾਬ ਸਰਕਾਰ ਵੱਲੋਂ ਇੱਸ ਸਹੁੰ ਚੁੱਕ ਸਮਾਗਮ ਵਿੱਚ ਅਰਵਿੰਦ ਕੇਜਰੀਵਾਲ ਦੀ ਸਿਰਕਤ ਨੂੰ ਲੈ ਕੇ ਕੋਈ ਜ਼ਿਕਰ ਨਹੀਂ ਕੀਤਾ। ਹਾਲਾਂਕਿ, ਬਾਅਦ ਵਿੱਚ ਇੱਕ ਸੋਧਿਆ ਪ੍ਰੈਸ ਨੋਟ ਭੇਜਿਆ ਗਿਆ ਅਤੇ ਮੁੱਖ ਮਹਿਮਾਨ ਵਜੋਂ ਕੇਜਰੀਵਾਲ ਦਾ ਨਾਮ ਸ਼ਾਮਲ ਕੀਤਾ ਗਿਆ।

4 ਜ਼ਿਲ੍ਹਿਆਂ ਦੇ 3200 ਸਰਪੰਚ ਬਾਅਦ ਵਿੱਚ ਸਹੁੰ ਚੁੱਕਣਗੇ

ਰਾਜ ਦੇ 4 ਜ਼ਿਲ੍ਹਿਆਂ ਦੇ 3200 ਸਰਪੰਚ ਅਤੇ 81 ਹਜ਼ਾਰ 808 ਨਵੇਂ ਚੁਣੇ ਗਏ ਪੰਚਾਂ ਨੂੰ ਬਾਅਦ ਵਿੱਚ ਸਹੁੰ ਚੁਕਾਈ ਜਾਵੇਗੀ। ਇਹ ਫੈਸਲਾ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਲਿਆ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਹੁਸ਼ਿਆਰਪੁਰ, ਗੁਰਦਾਸਪੁਰ, ਮੁਕਤਸਰ ਅਤੇ ਬਰਨਾਲਾ ਸ਼ਾਮਲ ਹਨ। ਇੱਥੇ 20 ਨਵੰਬਰ ਨੂੰ ਵੋਟਾਂ ਪੈਣੀਆਂ ਹਨ ਅਤੇ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਹੋਣੀ ਹੈ। ਰਾਜ ਦੇ 23 ਜ਼ਿਲ੍ਹਿਆਂ ਵਿੱਚ 13,147 ਗ੍ਰਾਮ ਪੰਚਾਇਤਾਂ ਹਨ।

ਕੇਜਰੀਵਾਲ ਪੰਜਾਬ ਦੇ 2 ਦਿਨਾਂ ਦੌਰੇ ਤੇ

ਸਹੁੰ ਚੁੱਕ ਸਮਾਗਮ ਤੋਂ ਬਾਅਦ ‘ਆਪ’ 4 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣ ਮੁਹਿੰਮ ਨੂੰ ਰਫ਼ਤਾਰ ਦੇਣ ਲਈ ਵਿਚਾਰ ਵਟਾਂਦਰਾ ਕਰੇਗੀ। ਇਸ ਤੋਂ ਬਾਅਦ ਅਰਵਿੰਦ ਕੇਜਰੀਵਾਲ 9 ਨਵੰਬਰ ਨੂੰ ਹੁਸ਼ਿਆਰਪੁਰ ਦੇ ਚੱਬੇਵਾਲ ਅਤੇ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਵਿਖੇ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ। ਇਸ ਸਬੰਧੀ ਪਾਰਟੀ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

Exit mobile version