ਪੰਜਾਬ ਨਿਊਜ਼। ਪੰਜਾਬ ਮਹਿਲਾ ਕਮਿਸ਼ਨ ਵੱਲੋਂ ਸੰਮਨ ਮਿਲਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅੱਜ ਚੰਡੀਗੜ੍ਹ ਪਹੁੰਚੇ। ਸ਼ਨੀਵਾਰ ਨੂੰ ਸ਼ੁਰੂ ਹੋਏ ਵਿਵਾਦ ‘ਚ ਐਡਵੋਕੇਟ ਧਾਮੀ ਨੇ ਬੀਬੀ ਜਗੀਰ ਕੌਰ ਖਿਲਾਫ ਅਪਸ਼ਬਦ ਬੋਲੇ ਸਨ। ਮਾਮਲਾ ਮੀਡੀਆ ਵਿੱਚ ਆਉਣ ਤੋਂ ਬਾਅਦ ਮਹਿਲਾ ਕਮਿਸ਼ਨ ਨੇ ਇਸ ਦਾ ਖੁਦ ਨੋਟਿਸ ਲੈਂਦਿਆਂ ਐਡਵੋਕੇਟ ਧਾਮੀ ਨੂੰ 17 ਦਸੰਬਰ ਤੱਕ ਜਵਾਬ ਦੇਣ ਦੇ ਹੁਕਮ ਜਾਰੀ ਕੀਤੇ ਹਨ।
ਇਸ ਦੌਰਾਨ ਐਡਵੋਕੇਟ ਧਾਮੀ ਨੇ ਮਹਿਲਾ ਕਮਿਸ਼ਨ ਨੂੰ ਆਪਣਾ ਜਵਾਬ ਸੌਂਪਦਿਆਂ ਦੱਸਿਆ ਕਿ ਉਨ੍ਹਾਂ ਤੋਂ ਗਲਤੀ ਹੋਈ ਹੈ ਅਤੇ ਉਹ ਇਸ ਲਈ ਮੁਆਫੀ ਮੰਗਦੇ ਹਨ। ਪਰ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਸਪੱਸ਼ਟ ਕੀਤਾ ਕਿ ਇਹ ਮਾਮਲਾ ਸਿਰਫ਼ ਮੁਆਫ਼ੀ ਮੰਗਣ ਨਾਲ ਖ਼ਤਮ ਨਹੀਂ ਹੋਵੇਗਾ। ਜੋ ਵੀ ਦਿਲ ਵਿੱਚ ਹੁੰਦਾ ਹੈ, ਉਹ ਜਲਦੀ ਬਾਹਰ ਆ ਜਾਂਦਾ ਹੈ। ਰਾਜ ਲਾਲੀ ਗਿੱਲ ਨੇ ਦੱਸਿਆ ਕਿ ਉਨ੍ਹਾਂ ਨੇ ਬੀਬੀ ਜਗੀਰ ਕੌਰ ਨਾਲ ਵੀ ਫ਼ੋਨ ‘ਤੇ ਗੱਲ ਕੀਤੀ ਹੈ।
17 ਦਸੰਬਰ ਤੱਕ ਪੱਖ ਕਰਨਾ ਸੀ ਪੇਸ਼
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਲਾਲੀ ਗਿੱਲ ਨੇ ਇਸ ਮਾਮਲੇ ਸਬੰਧੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਨੋਟਿਸ ਜਾਰੀ ਕੀਤਾ ਸੀ। ਜਿਸ ਅਨੁਸਾਰ ਉਸ ਨੇ 17 ਦਸੰਬਰ ਤੱਕ ਆ ਕੇ ਆਪਣਾ ਪੱਖ ਪੇਸ਼ ਕਰਨਾ ਸੀ, ਨਹੀਂ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ। ਅੱਜ ਐਡਵੋਕੇਟ ਧਾਮੀ ਆਪਣਾ ਪੱਖ ਪੇਸ਼ ਕਰਨ ਲਈ ਮਹਿਲਾ ਕਮਿਸ਼ਨ ਪੁੱਜੇ।
ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪ ਚੁੱਕੇ ਮੁਆਫੀਨਾਮਾ
ਸ਼ਨੀਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਨੂੰ ਮੁਆਫੀਨਾਮਾ ਸੌਂਪਦੇ ਹੋਏ ਐਡਵੋਕੇਟ ਧਾਮੀ ਨੇ ਕਿਹਾ ਸੀ ਕਿ ਫੋਨ ‘ਤੇ ਗੱਲ ਕਰਦੇ ਹੋਏ ਮੈਂ ਅਣਜਾਣੇ ‘ਚ ਕੁਝ ਇਤਰਾਜ਼ਯੋਗ ਸ਼ਬਦ ਬੋਲ ਦਿੱਤੇ। ਮੈਂ ਉਸ ਭਾਸ਼ਾ ਲਈ ਮੁਆਫੀ ਮੰਗਦਾ ਹਾਂ ਜੋ ਇਸ ਪੋਸਟ ਦੀ ਸ਼ਾਨ ਦੇ ਵਿਰੁੱਧ ਹੈ। ਮੈਂ ਬੀਬੀ ਜਗੀਰ ਕੌਰ ਅਤੇ ਸਮੂਹ ਬੀਬੀਆਂ ਤੋਂ ਮੁਆਫੀ ਮੰਗਦਾ ਹਾਂ।