ਪੰਜਾਬ-ਚੰਡੀਗੜ੍ਹ ‘ਚ ਗਰਜ ਨਾਲ ਮੀਂਹ, ਸ਼ੀਤ ਲਹਿਰ ਕਾਰਨ ਤਾਪਮਾਨ ‘ਚ 7.2 ਡਿਗਰੀ ਦੀ ਗਿਰਾਵਟ, 17 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ

ਮੌਸਮ ਵਿਭਾਗ ਮੁਤਾਬਕ ਧੁੰਦ ਦਾ ਅਸਰ 31 ਦਸੰਬਰ ਤੱਕ ਦਿਖਾਈ ਦੇਵੇਗਾ। ਇਸ ਦੇ ਨਾਲ ਹੀ ਕੋਲਡ ਵੇਵ ਅਲਰਟ ਵੀ ਜਾਰੀ ਕੀਤਾ ਗਿਆ ਹੈ। ਪਹਾੜਾਂ 'ਚ ਬਰਫਬਾਰੀ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦਾ ਤਾਪਮਾਨ 2 ਤੋਂ 3 ਡਿਗਰੀ ਤੱਕ ਡਿੱਗ ਸਕਦਾ ਹੈ।

Weather Update: ਵੈਸਟਰਨ ਡਿਸਟਰਬੈਂਸ ਦੇ ਚੱਲਦਿਆਂ ਪੰਜਾਬ-ਚੰਡੀਗੜ੍ਹ ਵਿੱਚ ਹੋਈ ਬਾਰਿਸ਼ ਤੋਂ ਬਾਅਦ ਔਸਤ ਤਾਪਮਾਨ ਵਿੱਚ 7.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਜਿਸ ਤੋਂ ਬਾਅਦ ਦਿਨ ਦਾ ਤਾਪਮਾਨ ਆਮ ਨਾਲੋਂ 3.9 ਡਿਗਰੀ ਘੱਟ ਗਿਆ। ਮੀਂਹ ਤੋਂ ਬਾਅਦ ਹੁਣ ਪੰਜਾਬ-ਚੰਡੀਗੜ੍ਹ ‘ਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਪੰਜਾਬ ਅਤੇ ਚੰਡੀਗੜ੍ਹ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਾ ਮਤਲਬ ਹੈ ਕਿ ਕੁਝ ਖੇਤਰਾਂ ਵਿੱਚ ਦ੍ਰਿਸ਼ਟੀ 100 ਮੀਟਰ ਤੱਕ ਘੱਟ ਸਕਦੀ ਹੈ। ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ 17 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਵਿੱਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਹੀਟ-ਲਾਕ ਤੋਂ ਬਾਅਦ ਰਾਤ ਦੇ ਤਾਪਮਾਨ ਵਿੱਚ ਵਾਧਾ

ਵੈਸਟਰਨ ਡਿਸਟਰਬੈਂਸ ਕਾਰਨ ਅਸਮਾਨ ‘ਚ ਬੱਦਲ ਛਾ ਜਾਣ ਤੋਂ ਬਾਅਦ ਹੀਟ ਲਾਕ ਦੀ ਸਥਿਤੀ ਪੈਦਾ ਹੋ ਗਈ ਹੈ। ਜਿਸ ਕਾਰਨ ਰਾਤ ਦੇ ਤਾਪਮਾਨ ਵਿੱਚ ਮਾਮੂਲੀ ਵਾਧਾ ਦੇਖਿਆ ਗਿਆ ਹੈ। ਘੱਟੋ-ਘੱਟ ਤਾਪਮਾਨ 2 ਤੋਂ 5 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾ ਰਿਹਾ ਸੀ, ਹੁਣ ਗੁਰਦਾਸਪੁਰ ‘ਚ ਘੱਟੋ-ਘੱਟ ਤਾਪਮਾਨ 5 ਡਿਗਰੀ ਦਰਜ ਕੀਤਾ ਗਿਆ ਹੈ। ਪਰ ਮੀਂਹ ਕਾਰਨ ਦਿਨ ਦਾ ਤਾਪਮਾਨ ਡਿੱਗ ਗਿਆ। ਸਾਰੇ ਸ਼ਹਿਰਾਂ ਵਿੱਚ ਤਾਪਮਾਨ 13 ਤੋਂ 17 ਡਿਗਰੀ ਦੇ ਵਿਚਕਾਰ ਰਿਹਾ।

ਚੰਡੀਗੜ੍ਹ ਵਿੱਚ 8.8 ਮਿਲੀਮੀਟਰ ਮੀਂਹ ਪਿਆ

ਚੰਡੀਗੜ੍ਹ, ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ 8.8 ਮਿਲੀਮੀਟਰ ਬਾਰਿਸ਼ ਹੋਈ ਹੈ। ਇਸ ਤੋਂ ਇਲਾਵਾ ਬਰਨਾਲਾ ‘ਚ 19 ਮਿਲੀਮੀਟਰ, ਅੰਮ੍ਰਿਤਸਰ ‘ਚ 10 ਮਿਲੀਮੀਟਰ, ਲੁਧਿਆਣਾ ‘ਚ 1.4, ਪਟਿਆਲਾ ‘ਚ 5, ਪਠਾਨਕੋਟ ‘ਚ 4, ਬਠਿੰਡਾ ‘ਚ 12, ਮੋਗਾ ‘ਚ 10.5 ਅਤੇ ਮੋਹਾਲੀ ‘ਚ 7.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।

ਪੱਛਮੀ ਗੜਬੜੀ ਸਰਗਰਮ

ਮੌਸਮ ਵਿਭਾਗ ਮੁਤਾਬਕ ਉੱਤਰੀ ਭਾਰਤ ‘ਚ ਪੱਛਮੀ ਗੜਬੜੀ ਅਜੇ ਵੀ ਸਰਗਰਮ ਹੈ। ਹੁਣ ਮੈਦਾਨੀ ਇਲਾਕਿਆਂ ਵਿੱਚ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੈ। ਪਰ, ਪਹਾੜਾਂ ਵਿੱਚ ਬਰਫ਼ਬਾਰੀ ਹੋ ਸਕਦੀ ਹੈ। ਜਿਸ ਤੋਂ ਬਾਅਦ ਪਹਾੜਾਂ ਦੇ ਨਾਲ-ਨਾਲ ਮੈਦਾਨੀ ਇਲਾਕਿਆਂ ‘ਚ ਵੀ ਤਾਪਮਾਨ ‘ਚ ਗਿਰਾਵਟ ਆਵੇਗੀ। ਐਤਵਾਰ ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਸ਼ੀਤ ਲਹਿਰ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਗਿਆ ਹੈ।

Exit mobile version